ਕਹਾਉਤਾਂ. 16. ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ੁਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ। ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ, ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ। ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ। ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ। ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ। ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ। ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ। ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ। ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ। ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ। ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ। ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ। ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ। ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ। ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ। ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ। ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ। ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ। ਘਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ। ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ! ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ। ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ। ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ। ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ। ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ। ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ, ਉਹ ਦੀ ਭੁੱਖ ਉਹ ਨੂੰ ਉਭਾਰਦੀ ਹੈ। ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ। ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ। ਹਨ੍ਹੇਰ ਕਰਨ ਵਾਲਾ ਆਪਣੇ ਗੁਆਂਢੀ ਨੂੰ ਫੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ। ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁੱਟਣ ਵਾਲਾ ਬੁਰਿਆਈ ਕਰ ਛੱਡਦਾ ਹੈ। ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ। ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ। ਬੁੱਕਲ ਵਿੱਚ ਪਰਚੀਆਂ ਪਾਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦਾ ਫੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ।