ਵਿਰਲਾਪ. 5. ਹੇ ਯਹੋਵਾਹ, ਜੋ ਕੁਝ ਸਾਡੇ ਨਾਲ ਬੀਤੀ ਉਸ ਨੂੰ ਯਾਦ ਕਰ! ਧਿਆਨ ਦੇ ਅਤੇ ਸਾਡੀ ਨਿਰਾਦਰੀ ਨੂੰ ਦੇਖ! ਸਾਡੀ ਵਿਰਾਸਤ ਪਰਦੇਸੀਆਂ ਨੂੰ ਸੌਂਪੀ ਗਈ, ਸਾਡੇ ਘਰ ਪਰਾਇਆਂ ਦੇ ਹੋ ਗਏ। ਅਸੀਂ ਯਤੀਮ ਹਾਂ, ਸਾਡੇ ਪਿਤਾ ਨਹੀਂ ਹਨ, ਸਾਡੀਆਂ ਮਾਵਾਂ ਵਿਧਵਾ ਵਾਂਗੂੰ ਹੋ ਗਈਆਂ ਹਨ। ਅਸੀਂ ਆਪਣਾ ਪਾਣੀ ਮੁੱਲ ਲੈ ਕੇ ਪੀਤਾ, ਅਤੇ ਸਾਡੀ ਲੱਕੜੀ ਸਾਨੂੰ ਮੁੱਲ ਦੇ ਕੇ ਮਿਲਦੀ ਹੈ। ਸਾਡਾ ਪਿੱਛਾ ਕਰਨ ਵਾਲੇ ਸਾਡੀਆਂ ਗਰਦਨਾਂ ਉੱਤੇ ਹਨ, ਅਸੀਂ ਥੱਕੇ ਹੋਏ ਹਾਂ ਪਰ ਸਾਨੂੰ ਅਰਾਮ ਨਹੀਂ ਮਿਲਦਾ। ਅਸੀਂ ਆਪ ਮਿਸਰ ਦੇ ਅਧੀਨ ਹੋ ਗਏ, ਅਤੇ ਅੱਸ਼ੂਰ ਦੇ ਵੀ, ਤਾਂ ਜੋ ਰੋਟੀ ਖਾ ਸਕੀਏ। ਸਾਡੇ ਪੁਰਖਿਆਂ ਨੇ ਪਾਪ ਕੀਤਾ ਅਤੇ ਉਹ ਚੱਲ ਵੱਸੇ, ਪਰ ਅਸੀਂ ਉਹਨਾਂ ਦੀ ਬੁਰਿਆਈ ਦਾ ਭਾਰ ਚੁੱਕਦੇ ਹਾਂ। ਗੁਲਾਮ ਸਾਡੇ ਉੱਤੇ ਰਾਜ ਕਰਦੇ ਹਨ, ਸਾਨੂੰ ਉਨ੍ਹਾਂ ਦੇ ਹੱਥੋਂ ਛੁਡਾਉਣ ਵਾਲਾ ਕੋਈ ਨਹੀਂ। ਉਜਾੜ ਵਿੱਚ ਤਲਵਾਰ ਦੇ ਕਾਰਨ, ਅਸੀਂ ਆਪਣੀ ਜਾਨ ਤਲੀ ਉੱਤੇ ਰੱਖ ਕੇ ਰੋਟੀ ਕਮਾਉਂਦੇ ਹਾਂ। ਭੁੱਖ ਦੀ ਝੁਲਸਾ ਦੇਣ ਵਾਲੀ ਅੱਗ ਦੇ ਕਾਰਨ, ਸਾਡਾ ਚਮੜਾ ਤੰਦੂਰ ਵਾਂਗੂੰ ਕਾਲਾ ਹੋ ਗਿਆ ਹੈ। ਸੀਯੋਨ ਵਿੱਚ ਇਸਤਰੀਆਂ, ਅਤੇ ਯਹੂਦਾਹ ਦੇ ਨਗਰਾਂ ਵਿੱਚ ਕੁਆਰੀਆਂ ਭਰਿਸ਼ਟ ਕੀਤੀਆਂ ਗਈਆਂ। ਹਾਕਮ ਨੂੰ ਉਹਨਾਂ ਦੇ ਹੱਥਾਂ ਭਾਰ ਟੰਗਿਆ ਗਿਆ, ਬਜ਼ੁਰਗਾਂ ਦਾ ਕੁਝ ਮਾਣ ਨਾ ਕੀਤਾ ਗਿਆ। ਜੁਆਨਾਂ ਨੂੰ ਚੱਕੀ ਚਲਾਉਣੀ ਪਈ, ਬੱਚਿਆਂ ਨੇ ਲੱਕੜਾਂ ਦੇ ਭਾਰ ਹੇਠ ਠੋਕਰਾਂ ਖਾਧੀਆਂ। ਬਜ਼ੁਰਗ ਫਾਟਕ ਵਿੱਚ ਨਹੀਂ ਬੈਠਦੇ, ਅਤੇ ਜੁਆਨ ਆਪਣੇ ਗਾਉਣ ਵਜਾਉਣ ਤੋਂ ਹੱਟ ਗਏ ਹਨ। ਸਾਡੇ ਦਿਲਾਂ ਦੀ ਖੁਸ਼ੀ ਮੁੱਕ ਗਈ ਹੈ, ਸਾਡਾ ਨੱਚਣਾ ਸੋਗ ਵਿੱਚ ਬਦਲ ਗਿਆ ਹੈ। ਮੁਕਟ ਸਾਡੇ ਸਿਰਾਂ ਤੋਂ ਡਿੱਗ ਪਿਆ ਹੈ, ਸਾਡੇ ਉੱਤੇ ਹਾਏ! ਕਿਉਂ ਜੋ ਅਸੀਂ ਪਾਪ ਕੀਤਾ ਹੈ। ਇਸੇ ਕਾਰਨ ਸਾਡੇ ਦਿਲ ਕਮਜ਼ੋਰ ਹੋ ਗਏ, ਇਨ੍ਹਾਂ ਗੱਲਾਂ ਦੇ ਕਾਰਨ ਸਾਡੀਆਂ ਅੱਖਾਂ ਧੁੰਦਲੀਆਂ ਪੈ ਗਈਆਂ, ਕਿਉਂ ਜੋ ਸੀਯੋਨ ਪਰਬਤ ਉਜਾੜ ਹੋ ਗਿਆ, ਉਸ ਵਿੱਚ ਗਿੱਦੜ ਫਿਰਦੇ ਹਨ। ਹੇ ਯਹੋਵਾਹ, ਤੂੰ ਸਦਾ ਲਈ ਬਿਰਾਜਮਾਨ ਹੈਂ, ਤੇਰਾ ਸਿੰਘਾਸਣ ਪੀੜ੍ਹੀਓਂ ਪੀੜ੍ਹੀ ਕਾਇਮ ਹੈ। ਤੂੰ ਕਿਉਂ ਸਾਨੂੰ ਸਦਾ ਲਈ ਵਿਸਾਰ ਦਿੱਤਾ ਹੈ, ਅਤੇ ਕਿਉਂ ਸਾਨੂੰ ਇੰਨ੍ਹੇ ਲੰਬੇ ਸਮੇਂ ਲਈ ਤਿਆਗ ਦਿੱਤਾ ਹੈ? ਹੇ ਯਹੋਵਾਹ, ਸਾਨੂੰ ਆਪਣੀ ਵੱਲ ਮੋੜ ਲੈ, ਤਾਂ ਅਸੀਂ ਮੁੜ ਆਵਾਂਗੇ, ਸਾਡੇ ਦਿਨ ਪਹਿਲਾਂ ਵਾਂਗੂੰ ਨਵੇਂ ਬਣਾ ਦੇ। ਕੀ ਤੂੰ ਸਾਨੂੰ ਪੂਰੀ ਤਰ੍ਹਾਂ ਹੀ ਛੱਡ ਦਿੱਤਾ ਹੈ? ਕੀ ਤੂੰ ਸਾਡੇ ਨਾਲ ਬਹੁਤ ਹੀ ਕ੍ਰੋਧਿਤ ਹੋ ਗਿਆ ਹੈਂ?